ਆਯੂਸ਼ਮਨ ਭਾਰਤ ਸਕੀਮ ‘ਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ : CM ਮਾਨ

ਚੰਡੀਗੜ੍: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ।

ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉਣ ਵਾਲਿਆਂ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਾਰਿਆਂ ਦੀ ਭਲਾਈ ਲਈ ਵਿਆਪਕ ਸਿਹਤ ਸੰਭਾਲ ਸਕੀਮ ਹੈ ਅਤੇ ਇਸ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।” ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਯੋਜਨਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਹੈ ਕਿ ਸਾਰੇ ਨਿਵਾਸੀਆਂ ਖ਼ਾਸ ਕਰ ਕੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਿਆਰੀ ਇਲਾਜ ਤੱਕ ਸਿੱਧੀ ਪਹੁੰਚ ਮਿਲੇ। ਉਨ੍ਹਾਂ ਅੱਗੇ ਕਿਹਾ ਕਿ “ਵਿਆਪਕ ਸਿਹਤ ਸੰਭਾਲ ਲਈ ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਪੰਜਾਬ ਵਾਸੀ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ।”

ਇਸ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ `ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਸਾਰੇ ਨਾਗਰਿਕਾਂ ਨੂੰ ਸੁਵਿਧਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਆਧਾਰ ਜਾਂ ਵੋਟਰ ਕਾਰਡਾਂ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਸਿਹਤ ਕਾਰਡ ਬਣਾਉਣ ਦੇ ਨਾਲ ਸਰਬ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਲੋਕ ਵੱਡੀ ਗਿਣਤੀ ਵਿੱਚ ਲਾਭ ਲੈਣ ਲਈ ਅੱਗੇ ਆ ਰਹੇ ਹਨ, ਜਿਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਨੂੰ ਇਲਾਜ `ਤੇ ਵੱਡੀ ਰਕਮ ਖ਼ਰਚਣੀ ਪੈਂਦੀ ਸੀ।”

ਅਫ਼ਵਾਹਾਂ `ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਕੁੱਝ ਪੰਜਾਬ ਵਿਰੋਧੀ ਤਾਕਤਾਂ ਜੋ ਨਹੀਂ ਚਾਹੁੰਦੀਆਂ ਕਿ ਲੋਕ ਅਜਿਹੀਆਂ ਸਹੂਲਤਾਂ ਦਾ ਲਾਭ ਲੈਣ, ਉਹ ਇਸ ਯੋਜਨਾ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਅਜਿਹੇ ਅਨਸਰਾਂ ਦਾ ਉਦੇਸ਼ ਲੋਕਾਂ ਨੂੰ ਇਸ ਦਾ ਲਾਭ ਲੈਣ ਤੋਂ ਵਾਂਝਾ ਕਰਨਾ ਹੈ, ਜੋ ਗੈਰ-ਵਾਜਬ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਅਧੀਨ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਦਰਾਂ ਉੱਤੇ ਲਗਪਗ 2600 ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।

ਕੇਂਦਰ ਦੀ ਆਯੂਸ਼ਮਨ ਯੋਜਨਾ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਹੈ, ਜਦੋਂ ਕਿ ਆਯੂਸ਼ਮਨ ਇਕ ਦਿਖਾਵਾ ਹੈ।” ਉਨ੍ਹਾਂ ਸਮਝਾਇਆ ਕਿ “ਕੇਂਦਰ ਨੇ 140 ਕਰੋੜ ਦੀ ਆਬਾਦੀ ਲਈ ਸਿਰਫ਼ 9300 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ਪੰਜਾਬ ਨੇ ਸਿਰਫ਼ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦਾ ਮਤਲਬ ਹੈ ਕਿ ਪੰਜਾਬ ਪ੍ਰਤੀ ਵਿਅਕਤੀ ਲਗਪਗ ਦਸ ਗੁਣਾ ਜ਼ਿਆਦਾ ਖ਼ਰਚ ਕਰ ਰਿਹਾ ਹੈ। ਆਯੂਸ਼ਮਨ ਦੇ ਉਲਟ ਸਾਡੀ ਯੋਜਨਾ ਵਿੱਚ ਕੋਈ ਸ਼ਰਤ ਵੀ ਨਹੀਂ ਹੈ।”

ਇਸ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਅਤੇ ਚੰਡੀਗੜ੍ਹ ਦੇ ਲਗਪਗ 900 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਕੀਮ ਦੇ ਘੇਰੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ 25 ਲੱਖ ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਤਹਿਤ 1.6 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਇਲਾਜ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਅੱਗੇ ਕਿਹਾ, “2025-26 ਲਈ 1200 ਕਰੋੜ ਅਲਾਟ ਕੀਤੇ ਗਏ ਸਨ ਅਤੇ 2026-27 ਲਈ 2000 ਕਰੋੜ ਰੱਖੇ ਗਏ ਹਨ। ਇਹ ਯੋਜਨਾ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਦਿਲ, ਫੇਫੜੇ, ਗੁਰਦੇ ਦੀਆਂ ਬਿਮਾਰੀਆਂ, ਕੈਂਸਰ ਦਾ ਇਲਾਜ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।”

ਸਿਹਤ ਵਿਭਾਗ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਭਰ ਵਿੱਚ 883 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 28 ਮਾਰਚ ਨੂੰ 100 ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਕਲੀਨਿਕ ਨਿਰਮਾਣ ਅਧੀਨ ਹਨ। ਇਨ੍ਹਾਂ ਕਲੀਨਿਕਾਂ ਵਿੱਚ 47 ਟੈਸਟ ਅਤੇ 107 ਦਵਾਈਆਂ ਮੁਫ਼ਤ ਉਪਲਬਧ ਹਨ, ਜਿਸ ਵਿੱਚ ਮਰੀਜ਼ਾਂ ਦੀ ਤਸੱਲੀ ਦੀ ਦਰ 94 ਫੀਸਦੀ ਹੈ।” ਉਨ੍ਹਾਂ ਅੱਗੇ ਕਿਹਾ, “ਓ.ਪੀ.ਡੀ. ਪੰਜ ਕਰੋੜ ਨੂੰ ਪਾਰ ਕਰ ਗਈ ਹੈ, 1.69 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਇਹ ਮਾਡਲ ਹੁਣ ਪੂਰੇ ਭਾਰਤ ਵਿੱਚ ਮਸ਼ਹੂਰ ਹੋ ਰਿਹਾ ਹੈ।”

The post ਆਯੂਸ਼ਮਨ ਭਾਰਤ ਸਕੀਮ ‘ਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ : CM ਮਾਨ appeared first on Punjab Star.

Related Posts