ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ‘ਤੇ ਜਾਰੀ ਕੀਤੇ ਗਏ ਪੋਸਟਰ ਦਾ ਸਖ਼ਤ ਵਿਰੋਧ ਕੀਤਾ ਹੈ। ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਲਗਾਤਾਰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਕੇਂਦਰ ਨੂੰ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰਨਾ ਚਾਹੀਦਾ ਹੈ।
ਉਨ੍ਹਾਂ ਇਕ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ “ਕੇਂਦਰ ਵੱਲੋਂ ਪਹਿਲਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਅਣਦੇਖੀ ਕਰ ਕੇ ਅਤੇ ਸਿੱਖ ਮਰਿਆਦਾ ਦੇ ਖਿਲਾਫ਼ ਚੱਲ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਤੇ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਗਿਆ ਤੇ ਹੁਣ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦਾ ਜੋ ਕੋਝਾ ਯਤਨ ਕੀਤਾ ਜਾ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ ਕਿ “ਇਹ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਕੇਂਦਰ ਸਰਕਾਰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰੇ ਅਤੇ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ।”
The post ਕੇਂਦਰ ਵੱਲੋਂ ‘ਵੀਰ ਬਾਲ ਦਿਵਸ’ ਸੰਬੰਧੀ ਜਾਰੀ ਕੀਤੇ ਗਏ ਪੋਸਟਰ ‘ਤੇ ਹਰਸਿਮਰਤ ਬਾਦਲ ਨੇ ਜਤਾਇਆ ਸਖ਼ਤ ਵਿਰੋਧ appeared first on Punjab Star.
