ਟੋਰਾਂਟੋ : ਕੈਨੇਡਾ ਵਿੱਚ ਨੌਕਰੀ ਲਈ ਗਏ ਮੋਗਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਸੀ । ਘਟਨਾ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕੈਨੇਡਾ ਵਿੱਚ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਆਪਣੀ ਟੈਕਸੀ ਵਿੱਚ ਡਿਊਟੀ ਕਰ ਰਿਹਾ ਸੀ। ਇਸੇ ਦੌਰਾਨ ਇੱਕ ਔਰਤ ਉਸ ਦੀ ਗੱਡੀ ਵਿੱਚ ਆ ਕੇ ਬੈਠ ਗਈ । ਦੱਸਿਆ ਜਾ ਰਿਹਾ ਹੈ ਕਿ ਉਸ ਔਰਤ ਨੂੰ ਪਹਿਲਾਂ ਕੁਝ ਲੋਕਾਂ ਨੇ ਅਗਵਾ ਕੀਤਾ ਹੋਇਆ ਸੀ ਅਤੇ ਉਹ ਉਨ੍ਹਾਂ ਦੇ ਚੁੰਗਲ ਤੋਂ ਭੱਜ ਕੇ ਟੈਕਸੀ ਵਿੱਚ ਆ ਬੈਠੀ ਸੀ।
ਕੁਝ ਹੀ ਦੇਰ ਬਾਅਦ ਔਰਤ ਦਾ ਪਿੱਛਾ ਕਰ ਰਹੇ ਹਥਿਆਰਬੰਦ ਵਿਅਕਤੀ ਉੱਥੇ ਪਹੁੰਚ ਗਏ। ਉਨ੍ਹਾਂ ਨੇ ਟੈਕਸੀ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਟੈਕਸੀ ਚਾਲਕ ਦਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਉਸ ਔਰਤ ਨੂੰ ਆਪਣੇ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਕੈਨੇਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਧਰ ਦਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਸ ਦੇ ਜੱਦੀ ਪਿੰਡ ਦੌਲਤਪੁਰਾ ਨੀਵਾਂ ਵਿੱਚ ਸੋਗ ਛਾ ਗਿਆ ਹੈ। ਪਿੰਡ ਵਾਸੀਆਂ ਅਨੁਸਾਰ ਦਵਿੰਦਰ ਸਿੰਘ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਕੇ ਆਪਣੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਮਿਹਨਤ ਕਰ ਰਿਹਾ ਸੀ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘੀ ਜਾਂਚ ਕਰ ਕੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਗਈ ਹੈ।
The post ਕੈਨੇਡਾ ’ਚ ਪੰਜਾਬੀ ਟੈਕਸੀ ਡਰਾਈਵਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ appeared first on Punjab Star.
