ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਹੁਸ਼ਿਆਰਪੁਰ ‘ਚ 662 ਉਮੀਦਵਾਰ ਚੋਣ ਮੈਦਾਨ ‘ਚ; ਪੰਚਾਇਤ ਸੰਮਤੀਆਂ ਲਈ 17 ਮੈਂਬਰ ਸਰਬਸੰਮਤੀ ਨਾਲ ਚੁਣੇ

ਹੁਸ਼ਿਆਰਪੁਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸ਼ਾਂਤੀਪੂਰਨ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 662 ਉਮੀਦਵਾਰ ਚੋਣ ਲੜਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 80 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 582 ਉਮੀਦਵਾਰ ਚੋਣਾਂ ਲੜਨਗੇ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀਆਂ ਲਈ 17 ਮੈਂਬਰ ਬਿਨਾਂ ਮੁਕਾਬਲਾ/ਸਰਵਸੰਮਤੀ ਨਾਲ ਚੁਣੇ ਗਏ ਹਨ।

ਉਨ੍ਹਾਂ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਚੋਣ ਅਬਜ਼ਰਵਰ ਕੰਵਲ ਪ੍ਰੀਤ ਬਰਾੜ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।

ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਲਈ ਵੱਧ ਤੋਂ ਵੱਧ 2,55,000 ਰੁਪਏ ਅਤੇ ਪੰਚਾਇਤ ਸੰਮਤੀ ਉਮੀਦਵਾਰ ਲਈ 1,10,000 ਰੁਪਏ ਚੋਣ ਖ਼ਰਚੇ ਦੀ ਹੱਦ ਨਿਰਧਾਰਤ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੀ ਘੋਸ਼ਣਾ ਨਾਲ ਹੀ ਸਾਰੇ ਉਮੀਦਵਾਰਾਂ ਅਤੇ ਰਾਜ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਜੋ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀ ਹੈ, ਦੇ ਮਾਲੀਆ ਖੇਤਰ ਵਿਚ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਅਤੇ ਇਹ ਪੂਰੀ ਚੋਣ ਪ੍ਰਕਿਰਿਆ ਸਮਾਪਤ ਹੋਣ ਤੱਕ ਲਾਗੂ ਰਹੇਗਾ।

The post ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਹੁਸ਼ਿਆਰਪੁਰ ‘ਚ 662 ਉਮੀਦਵਾਰ ਚੋਣ ਮੈਦਾਨ ‘ਚ; ਪੰਚਾਇਤ ਸੰਮਤੀਆਂ ਲਈ 17 ਮੈਂਬਰ ਸਰਬਸੰਮਤੀ ਨਾਲ ਚੁਣੇ appeared first on Punjab Star.

Related Posts