ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ

ਤਰਨ ਤਾਰਨ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਿਸ਼ਾਨ-ਏ-ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਦਿਖਾਈ ਦੇ ਰਿਹਾ ਹੈ ਅਤੇ ਲੋਕ ਹੁਣ ਨਸ਼ਿਆਂ ਵਿਰੁੱਧ ਇਕਜੁੱਟ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਲਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਸ਼ਾਨ-ਏ-ਸਿੱਖੀ ਸੰਸਥਾ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ।

ਰਾਜਪਾਲ ਨੇ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਪ੍ਰਸ਼ਾਸਨ, ਸਮਾਜ, ਮਾਪੇ, ਨੌਜਵਾਨ ਅਤੇ ਹਰੇਕ ਨਾਗਰਿਕ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਮਿਲਦਾ ਹੈ, ਉਸਨੂੰ ਸਮਰਪਣ ਭਾਵਨਾ ਨਾਲ ਕਰੋ। ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ, ਕਾਰੋਬਾਰ ਅਤੇ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਅਤੇ ਉਨ੍ਹਾਂ ਵਿਚ ਸਖ਼ਤ ਮਿਹਨਤ ਦੀ ਆਦਤ ਪਾਉਣ।

ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇ, ਤਾਂ ਜੋ ਇਹ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਫ਼ੈਸਲਾਕੁੰਨ ਭੂਮਿਕਾ ਨਿਭਾਅ ਸਕਣ। ਇਸ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਰਾਜਪਾਲ ਪੰਜਾਬ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੌਟ ਸਪਾਟ ਖੇਤਰਾਂ ਵਿਚ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਟੀਮਾਂ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਆਪਣੀ ਭੂਮਿਕਾ ਵਧੀਆ ਢੰਗ ਨਾਲ ਨਿਭਾਅ ਰਹੀ ਹੈ। ਜਿਥੇ ਪੁਲਿਸ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ।

The post ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ appeared first on Punjab Star.

Related Posts