ਚੰਡੀਗੜ੍ਹ: ਪੰਜਾਬ ‘ਚ ਵੱਧ ਰਹੀ ਠੰਢ ਦੇ ਕਾਰਨ, ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਨਿੱਜੀ ਅਤੇ ਸਰਕਾਰੀ, ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ “ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।”
ਦੱਸ ਦਈਏ ਕਿ ਪੰਜਾਬ ਵਿੱਚ ਇਸ ਵੇਲੇ 19,000 ਤੋਂ ਵੱਧ ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ 35 ਲੱਖ ਤੋਂ ਵੱਧ ਵਿਦਿਆਰਥੀ ਦਾਖਲ ਹਨ। ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 1 ਜਨਵਰੀ ਤੋਂ ਬਾਅਦ ਠੰਡ ਵਧੇਗੀ। ਇਸ ਲਈ, ਵਿਭਾਗ ਕੋਈ ਵੀ ਜੋਖਮ ਲੈਣ ਤੋਂ ਝਿਜਕਦਾ ਹੈ। ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਸਰਕਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਇਸ ਤੋਂ ਪਹਿਲਾਂ ਸਾਰੇ ਸਕੂਲਾਂ ‘ਚ 4 ਜਨਵਰੀ ਤਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ।
The post ਪੰਜਾਬ ‘ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ appeared first on Punjab Star.
