ਨਵੀਂ ਦਿੱਲੀ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਇਨਸਾਫ਼ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। । ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੇ ਇਸ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਇਸ ਪੱਤਰ ‘ਤੇ ਪੰਜਾਬ ਦੇ ਪ੍ਰਮੁੱਖ ਕਾਂਗਰਸੀ ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ, ਜਿਨ੍ਹਾਂ ਵਿੱਚ ਗੁਰਜੀਤ ਸਿੰਘ ਔਜਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ , ਧਰਮਬੀਰ ਗਾਂਧੀ ਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ।
ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਨਿਰਪੱਖ ਜਾਂਚ ਯਕੀਨੀ ਬਣ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਇਸ ਕੇਸ ‘ਚ ਨਾਮਜ਼ਦ ਮੁਲਜ਼ਮਾਂ ਦੇ ਖ਼ਿਲਾਫ਼ ਤੁਰੰਤ ‘ਲੁੱਕ ਆਊਟ ਸਰਕੂਲਰ’ ਜਾਰੀ ਕੀਤਾ ਜਾਵੇ, ਤਾਂ ਜੋ ਉਹ ਦੇਸ਼ ਛੱਡ ਕੇ ਫਰਾਰ ਨਾ ਹੋ ਸਕਣ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ ‘ਚ ਬੋਲਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਰੂਪ ਵਿੱਚ ਮੰਗ ਕਰਨ ਤਾਂ ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਦੀ ਖ਼ੁਦਕੁਸ਼ੀ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਲਈ ਤਿਆਰ ਹਨ। ਇਸ ਦੇ ਬਾਅਦ ਪੰਜਾਬ ਦੇ ਚਾਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਧਰਮਵੀਰ ਗਾਂਧੀ ਵੱਲੋਂ ਚਿੱਠੀ ਲਿਖ ਕੇ ਸੀ. ਬੀ. ਆਈ. ਦੀ ਜਾਂਚ ਦੀ ਮੰਗ ਕੀਤੀ ਗਈ ਹੈ।
The post ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ appeared first on Punjab Star.
