ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ; ਮੌਜੂਦਾ ਮੌਸਮੀ ਸਥਿਤੀਆਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਚੰਡੀਗੜ੍ਹ : ਸਕੂਲੀ ਬੱਚਿਆਂ ਲਈ ਅਹਿਮ ਖ਼ਬਰ ਹੈ। ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ ਫਿਰ ਵਧਾ ਦਿੱਤੀਆਂ ਗਈਆਂ ਹਨ। ਮੌਜੂਦਾ ਮੌਸਮੀ ਸਥਿਤੀਆਂ ਦੇ ਮੱਦੇਨਜ਼ਰ ਸਾਰੇ ਸਰਕਾਰੀ, ਨਿੱਜੀ ਮਾਨਤਾ ਪ੍ਰਾਪਤ ਸਕੂਲ 17 ਜਨਵਰੀ ਤੱਕ ਬੰਦ ਰਹਿਣਗੇ। ਸਕੂਲ 15 ਜਨਵਰੀ ਨੂੰ ਦੁਬਾਰਾ ਖੁੱਲ੍ਹਣ ਵਾਲੇ ਸਨ, ਪਰ ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਛੁੱਟੀਆਂ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਅਨੁਸਾਰ, ਇਹ ਫੈਸਲਾ ਠੰਡ ਅਤੇ ਤਾਪਮਾਨ ‘ਚ ਲਗਾਤਾਰ ਭਾਰੀ ਗਿਰਾਵਟ ਕਾਰਨ ਲਿਆ ਗਿਆ ਹੈ। ਇਸ ਸਮੇਂ ਦੌਰਾਨ ਔਨਲਾਈਨ ਕਲਾਸਾਂ ਜਾਰੀ ਰਹਿਣਗੀਆਂ।

ਦੱਸ ਦਈਏ ਕਿ ਪੰਜਾਬ ‘ਚ ਅੱਜ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਪਹਿਲੀ ਵਾਰ ਅਜਿਹਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਭਾਰੀ ਠੰਢ ਰਹੇਗੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ। ਪੰਜਾਬ ਦੇ ਸਕੂਲ ਵੀ ਅੱਜ 13 ਜਨਵਰੀ ਤੱਕ ਬੰਦ ਹਨ। ਹਾਲਾਂਕਿ, ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾਉਣ ਜਾਂ ਨਾ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਠੰਢ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 13 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਸਨ। ਸਕੂਲ 14 ਜਨਵਰੀ ਤੋਂ ਮੁੜ ਖੁੱਲ੍ਹਣੇ ਹਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਸਿਹਤ ਸਭ ਤੋਂ ਮਹੱਤਵਪੂਰਨ ਹੈ, ਅਤੇ ਮੌਸਮ ਦੇ ਹਾਲਾਤਾਂ ਦੇ ਆਧਾਰ ‘ਤੇ ਅੰਤਿਮ ਫੈਸਲਾ ਲਿਆ ਜਾਵੇਗਾ। ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

The post ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ; ਮੌਜੂਦਾ ਮੌਸਮੀ ਸਥਿਤੀਆਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ appeared first on Punjab Star.

Related Posts