ਬੇਅਦਬੀ ਮਾਮਲੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਅਕਾਲ ਤਖ਼ਤ? ਜਸਕਰਨ ਸਿੰਘ ਨੇ ਖੋਲ੍ਹਿਆ ਸਾਰਾ ਮਾਮਲਾ!

ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਜਸਕਰਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਮਾਮਲੇ ਵਿੱਚ ਕੋਈ ਵਿਰੋਧ ਨਹੀਂ, ਪਰ ਸਿੱਖ ਸੰਸਥਾਵਾਂ ਦੀ ਖੁਦਮੁਖਤਿਆਰੀ ਅਤੇ ਮਰਿਆਦਾ ਨਾਲ ਸਮਝੌਤਾ ਨਹੀਂ ਹੋ ਸਕਦਾ।ਦਰਅਸਲ, ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਬਣਾਈ ਗਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਏ। ਇਸ ਤੋਂ ਬਾਅਦ ਜਸਕਰਨ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਕਸਦ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਤੋਂ ਰੋਕਣਾ ਨਹੀਂ ਹੈ। ਉਨ੍ਹਾਂ ਮੁਤਾਬਕ ਜੇਕਰ ਕਾਨੂੰਨੀ ਪ੍ਰਕਿਰਿਆ ਰਾਹੀਂ ਦੋਸ਼ੀਆਂ ਨੂੰ ਫਾਂਸੀ ਜਾਂ ਉਮਰ ਕੈਦ ਵਰਗੀ ਸਖ਼ਤ ਸਜ਼ਾ ਮਿਲਦੀ ਹੈ ਤਾਂ ਇਸ ‘ਤੇ ਵੀ ਕੋਈ ਇਤਰਾਜ਼ ਨਹੀਂ ਹੈ। ਪਰ ਅਸਲ ਇਤਰਾਜ਼ ਉਸ ਸਮੇਂ ਹੁੰਦਾ ਹੈ, ਜਦੋਂ ਕਾਨੂੰਨ ਦੀ ਆੜ ਵਿੱਚ ਸਿੱਖ ਧਾਰਮਿਕ ਸੰਸਥਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਸਰਕਾਰ ਵੱਲੋਂ ਦਖ਼ਲ ਦਿੱਤਾ ਜਾਂਦਾ ਹੈ।

ਜਸਕਰਨ ਸਿੰਘ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਰਿਆਦਾ ਨੂੰ ਕਾਇਮ ਰੱਖਣਾ ਅਤੇ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਨੂੰ ਰੋਕਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਉਠਾਏ ਗਏ ਸਵਾਲਾਂ ਅਤੇ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ। ਸਰਕਾਰ ਵੱਲੋਂ ਪਹਿਲਾਂ ਮੰਗੇ ਗਏ ਜਵਾਬ ਸਪੱਸ਼ਟ ਕੀਤੇ ਜਾਣ, ਤਾਂ ਜੋ ਇਸ ਗੰਭੀਰ ਮਸਲੇ ‘ਤੇ ਅੱਗੇ ਗੱਲਬਾਤ ਦਾ ਰਾਹ ਖੁੱਲ੍ਹ ਸਕੇ। ਹੁਣ ਇਸ ਪੂਰੇ ਮਾਮਲੇ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨਾਲ ਗੱਲਬਾਤ ਤੋਂ ਇਨਕਾਰ ਨਹੀਂ ਕੀਤਾ ਗਿਆ, ਸਗੋਂ ਪਹਿਲਾਂ ਉਠਾਏ ਗਏ ਸਵਾਲਾਂ ਦੇ ਜਵਾਬ ਮੰਗੇ ਜਾ ਰਹੇ ਹਨ। ਇੱਕ ਪਾਸੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਹੈ, ਦੂਜੇ ਪਾਸੇ ਸਿੱਖ ਸੰਸਥਾਵਾਂ ਦੇ ਪ੍ਰਬੰਧ ਅਤੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਨੂੰ ਲੈ ਕੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਅਜਿਹੇ ਵਿੱਚ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਸ ਬਿਆਨ ‘ਤੇ ਕੀ ਪ੍ਰਤੀਕਿਰਿਆ ਦਿੰਦੀ ਹੈ ਅਤੇ ਕੀ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਕੋਈ ਰਾਹ ਨਿਕਲਦਾ ਹੈ?

The post ਬੇਅਦਬੀ ਮਾਮਲੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਅਕਾਲ ਤਖ਼ਤ? ਜਸਕਰਨ ਸਿੰਘ ਨੇ ਖੋਲ੍ਹਿਆ ਸਾਰਾ ਮਾਮਲਾ! appeared first on Punjab Star.

Related Posts