ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਦਿੱਲੀ ਦੀ ਭਾਜਪਾ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਪੀਲ ਨੂੰ ਰੱਦ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਭਾਜਪਾ ਸਰਕਾਰ ਸਿੱਖ ਵਿਰੋਧੀ ਲੀਹਾਂ ’ਤੇ ਚੱਲ ਰਹੀ ਹੈ। ਉਨ੍ਹਾਂ ਭਾਜਪਾ ਵਿਚ ਬੈਠੇ ਸਿੱਖ ਆਗੂਆਂ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਉਠਾਏ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਨਾਲ ਭਾਜਪਾ ਵਿਚਲੇ ਸਿੱਖ ਆਗੂਆਂ ਦਾ ਦੋਗਲਾ ਚਿਹਰਾ ਨੰਗਾ ਹੋਇਆ ਹੈ।

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਨੂੰ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਰਿਹਾਅ ਨਾ ਕਰਨ ਨੂੰ ਵੀ ਮਾਨਵੀ ਅਧਿਕਾਰਾਂ ਦਾ ਉਲੰਘਣ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਨਾਲ ਇਸ ਤਰ੍ਹਾਂ ਬੇਗਾਨਿਆਂ ਵਾਲਾ ਵਿਹਾਰ ਨਹੀਂ ਕਰਨਾ ਚਾਹੀਦਾ ਅਤੇ ਸਜ਼ਾਵਾਂ ਭੁਗਤ ਚੁੱਕੇ ਹਰ ਸਿੱਖ ਬੰਦੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਏਆਈ ਤਕਨੀਕ ਨਾਲ ਸਿੱਖ ਵਿਰੋਧੀ ਕਾਰਵਾਈਆਂ ਦਾ ਵੀ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਨਾਲ ਧਰਮਾਂ ਵਿਰੁੱਧ ਹਰਕਤਾਂ ਕਰਨ ਵਾਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ ਰੂਪ ਵਿਚ ਕੰਮ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਇਕ ਕਮੇਟੀ ਗਠਤ ਕਰਨ ਦੇ ਨਾਲ-ਨਾਲ ਕਾਨੂੰਨ ਵਿਭਾਗ ਰਾਹੀਂ ਵੀ ਯਤਨ ਜਾਰੀ ਹਨ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ, ਇਤਿਹਾਸ ਅਤੇ ਸਰੋਤਾਂ ਆਦਿ ਦੇ ਸਬੰਧ ਵਿਚ ਆਪਣਾ ਡਾਟਾ ਬੈਂਕ ਤਿਆਰ ਕਰੇਗੀ, ਤਾਂ ਜੋ ਸਹੀ ਜਾਣਕਾਰੀ ਲੋਕਾਂ ਨੂੰ ਮਿਲ ਸਕੇ। ਇਸ ਦੇ ਨਾਲ ਹੀ ਏਆਈ ਕੰਪਨੀਆਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਇਕ ਮਾਸ ਰਿਪੋਟਿੰਗ ਸਾਫਟਵੇਅਰ ਵੀ ਜਲਦ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਾਗੂਕਰਤਾ ਵਾਸਤੇ ਵੀ ਯਤਨ ਕੀਤੇ ਜਾਣਗੇ।

The post ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ appeared first on Punjab Star.

Related Posts