ਮੁੱਖ ਮੰਤਰੀ ਭਗਵੰਤ ਮਾਨ ਨੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਸਮਾਗਮ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਦੌਰੇ ‘ਤੇ ਹਨ। ਸੀ.ਐਮ. ਮਾਨ ਨੇ ਪੰਜਾਬ ਪੁਲਿਸ ਅਕੈਡਮੀ (PAP) ਵਿਖੇ ਕਰਵਾਏ ਗਏ ਪਾਸਿੰਗ ਆਊਟ ਪਰੇਡ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਸੀ.ਐਮ. ਨੇ ਡੀ.ਜੀ.ਪੀ. ਗੌਰਵ ਯਾਦਵ ਨਾਲ ਪਰੇਡ ਤੋਂ ਸਲਾਮੀ ਲਈ ਅਤੇ ਨਵੇਂ ਕੈਡਿਟਾਂ ਨੂੰ ਸੂਬੇ ਦੀ ਸੇਵਾ ਲਈ ਪ੍ਰੇਰਿਆ।

ਇਹ ਦੌਰਾ ਮੁੱਖ ਮੰਤਰੀ ਦੇ ਉਸ ਵਿਜ਼ਨ ਦਾ ਹਿੱਸਾ ਹੈ, ਜਿਸ ਵਿੱਚ ਉਹ ਪੁਲਿਸ ਨੂੰ ਆਧੁਨਿਕ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ‘ਤੇ ਜ਼ੋਰ ਦੇ ਰਹੇ ਹਨ। ਸੀ.ਐਮ. ਮਾਨ ਨੇ ਪਾਸਿੰਗ ਆਊਟ ਪਰੇਡ ਵਿੱਚ ਨਵ-ਨਿਯੁਕਤ ਪੁਲਿਸ ਅਧਿਕਾਰੀਆਂ ਨੂੰ ਸੇਵਾ ਅਤੇ ਇਮਾਨਦਾਰੀ ਦਾ ਪਾਠ ਪੜ੍ਹਾਇਆ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹਮੇਸ਼ਾ ਗਰੀਬ ਦੀਆਂ ਦੁਆਵਾਂ ਲੈਣੀਆਂ ਚਾਹੀਦੀਆਂ ਹਨ। ਪਰੇਡ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਨੇ ਉਹਨਾਂ ਮਾਤਾ-ਪਿਤਾ ਨੂੰ ਵਿਸ਼ੇਸ਼ ਵਧਾਈ ਦਿੱਤੀ, ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀ.ਐਮ. ਮਾਨ ਨੇ ਜਨਵਰੀ ਵਿੱਚ ਵੀ ਜਲੰਧਰ ਦਾ ਦੌਰਾ ਕੀਤਾ ਸੀ, ਜਦੋਂ ਉਨ੍ਹਾਂ ਨੇ 1746 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਉਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਹੁਣ ਸਿਰਫ਼ ਯੋਗਤਾ ਦੇ ਆਧਾਰ ‘ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਭਰਤੀ ਪ੍ਰਕਿਰਿਆ ਵਿੱਚੋਂ ਰਿਸ਼ਵਤ ਜਾਂ ਸਿਫ਼ਾਰਸ਼ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਵਾਰ ਅਤੇ ਅਪਰਾਧ ਦੀਆਂ ਘਟਨਾਵਾਂ ਚੁਣੌਤੀ ਬਣੀਆਂ ਹੋਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਵੇਂ ਕੈਡਿਟਾਂ ਦੇ ਮੋਢਿਆਂ ‘ਤੇ ਵੀ ਹੈ। ਸਰਕਾਰ ਦਾ ਟੀਚਾ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਉਣਾ ਹੈ।

ਸੀ.ਐਮ. ਮਾਨ ਨੇ ਮਾਣ ਨਾਲ ਦੱਸਿਆ ਕਿ ਪੰਜਾਬ ਦੇ ਟ੍ਰੇਨਿੰਗ ਸੈਂਟਰਾਂ (ਫਿਲੌਰ, ਪੀ.ਏ.ਪੀ. ਅਤੇ ਕਪੂਰਥਲਾ) ਦੀ ਕਾਰਜਕੁਸ਼ਲਤਾ ਇੰਨੀ ਸ਼ਾਨਦਾਰ ਹੈ ਕਿ ਦੂਜੇ ਰਾਜਾਂ ਅਤੇ ਗੁਆਂਢੀ ਦੇਸ਼ਾਂ ਤੋਂ ਵੀ ਆਪਣੀ ਪੁਲਿਸ ਨੂੰ ਟ੍ਰੇਨਿੰਗ ਦਿਵਾਉਣ ਦੇ ਆਫ਼ਰ ਆ ਰਹੇ ਹਨ। ਹਾਲਾਂਕਿ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਹੋ ਰਹੀਆਂ ਆਪਣੀਆਂ ਭਰਤੀਆਂ ਕਾਰਨ ਫਿਲਹਾਲ ਕਿਸੇ ਹੋਰ ਨੂੰ ਟ੍ਰੇਨਿੰਗ ਦੇਣ ਲਈ ਜਗ੍ਹਾ ਖਾਲੀ ਨਹੀਂ ਹੈ, ਜੋ ਕਿ ਇੱਕ ਸਕਾਰਾਤਮਕ ਸੰਕੇਤ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਨੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਸਮਾਗਮ ‘ਚ ਕੀਤੀ ਸ਼ਿਰਕਤ appeared first on Punjab Star.

Related Posts