ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਅੰਮ੍ਰਿਤਸਰ- ਸੰਗੀਨ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ ਉਸ ਉੱਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਵਿਅਕਤੀਆਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦੋਸ਼ੀਆਂ ਨੂੰ ਸਿਆਸੀ ਲਾਭ ਲਈ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਲੋਕਾਂ ਦਾ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।

ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ, ਜੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਬੀਤੇ ਕੱਲ੍ਹ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲੀ ਹੈ ਇਸ ਸਮੇਂ ਦੌਰਾਨ, ਰਾਮ ਰਹੀਮ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਵਿੱਚ ਰਹੇਗਾ। ਅਗਸਤ 2017 ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ 15ਵੀਂ ਵਾਰ ਬਾਹਰ ਆਵੇਗਾ। ਸਭ ਤੋਂ ਪਹਿਲਾਂ, ਰਾਮ ਰਹੀਮ 15 ਅਗਸਤ ਨੂੰ ਆਪਣਾ ਜਨਮਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ। 25 ਅਗਸਤ, 2017 ਨੂੰ, ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਫਿਰ 17 ਜਨਵਰੀ, 2019 ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

The post ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ appeared first on Punjab Star.

Related Posts