ਕਟਕ: ਸੋਮਵਾਰ ਸਵੇਰੇ ਓਡੀਸ਼ਾ ਦੇ ਕਟਕ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ। ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਭਿਆਨਕ ਅੱਗ ਲੱਗ ਗਈ। ਹੁਣ ਤੱਕ ਦਸ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਵੇਰੇ 2:30 ਤੋਂ 3:00 ਵਜੇ ਦੇ ਵਿਚਕਾਰ ਲੱਗੀ।
ਮੁਢਲੀ ਜਾਣਕਾਰੀ ਅਨੁਸਾਰ ਅੱਗ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਟਰੌਮਾ ਕੇਅਰ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਲੱਗੀ। ਸੱਤ ਮਰੀਜ਼ਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕਰਦੇ ਸਮੇਂ ਹਸਪਤਾਲ ਦੇ ਘੱਟੋ-ਘੱਟ 11 ਸਟਾਫ਼ ਮੈਂਬਰ ਵੀ ਝੁਲਸ ਗਏ।
ਇਸ ਮਾਮਲੇ ਬਾਰੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਹਸਪਤਾਲ ਦੇ ਟਰਾਮਾ ਕੇਅਰ ਵਿਭਾਗ ਦੇ ਆਈਸੀਯੂ (ICU) ਵਿੱਚ ਲੱਗੀ ਸੀ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ। ਇੱਥੇ ਉਨ੍ਹਾਂ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ ਜਿਨ੍ਹਾਂ ਦੀ ਹਾਲਤ ਬਹੁਤ ਗੰਭੀਰ ਸੀ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਹਸਪਤਾਲ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ।
ਘਟਨਾ ਦਾ ਪਤਾ ਲਗਦੇ ਹੀ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਵੀ ਜ਼ਖਮੀਆਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ।
ਸਰਕਾਰ ਨੇ ਹਰ ਮ੍ਰਿਤਕ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਫਿਲਹਾਲ ਹਸਪਤਾਲ ਵਿੱਚ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
The post ਸਰਕਾਰੀ ਹਸਪਤਾਲ ਦੇ ICU ‘ਚ ਲੱਗੀ ਭਿਆਨਕ ਅੱਗ; 10 ਮਰੀਜ਼ਾਂ ਦੀ ਮੌਤ appeared first on Punjab Star.
