ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਪੋਸਟ ਰਾਹੀਂ ਸਾਂਝੀ ਕੀਤੀ। ਇਆਲੀ ਨੇ ਕਿਹਾ ਕਿ ਕਿਸੇ ਵੀ ਦਬਾਅ ਦੇ ਬਾਵਜੂਦ ਉਹ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ ਜਾਂ ਬਾਦਲ ਦਲ ਵਰਗੀਆਂ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵਿੱਚ ਜਾਣ ਬਾਰੇ ਸੋਚ ਵੀ ਨਹੀਂ ਸਕਦੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖ ਬੁੱਧੀਜੀਵੀਆਂ ਅਤੇ ਪੰਥ ਦੀਆਂ ਭਾਵਨਾਵਾਂ ਅਨੁਸਾਰ ਜੋ ਵੀ ਫ਼ੈਸਲਾ ਹੋਵੇਗਾ, ਉਹ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਸੰਗਤ ਦਾ ਧੰਨਵਾਦ ਵੀ ਕੀਤਾ।

ਅਕਾਲ ਤਖ਼ਤ ਦੇ ਹੁਕਮਨਾਮੇ ਦਾ ਹਵਾਲਾ

ਮਨਪ੍ਰੀਤ ਇਆਲੀ ਨੇ ਦੱਸਿਆ ਕਿ 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਨੁਸਾਰ ਕੁਝ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦੀ ਡਿਊਟੀ ਦਿੱਤੀ ਗਈ ਸੀ। ਇਸ ਕਮੇਟੀ ਵਿੱਚ ਉਹ ਖੁਦ ਵੀ ਸ਼ਾਮਲ ਸਨ। ਉਨ੍ਹਾਂ ਮੁਤਾਬਕ ਮੈਂਬਰਾਂ ਨੂੰ ਆਧਾਰ ਕਾਰਡ ਨਾਲ ਮੈਂਬਰ ਬਣਾਉਣ ਅਤੇ ਛੇ ਮਹੀਨਿਆਂ ਵਿੱਚ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਇਆਲੀ ਨੇ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਇਸ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵੱਲੋਂ ਭਰਤੀ ਜਾਰੀ ਰੱਖਣ ਲਈ ਕਿਹਾ ਗਿਆ ਅਤੇ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਇਹ ਕੰਮ ਕੀਤਾ।

ਲੀਡਰਸ਼ਿਪ ਅਤੇ ਕਿਰਦਾਰਕੁਸ਼ੀ ‘ਤੇ ਬਿਆਨ

ਉਨ੍ਹਾਂ ਕਿਹਾ ਕਿ ਭਰਤੀ ਦੌਰਾਨ ਸੰਗਤ ਅਤੇ ਨੌਜਵਾਨਾਂ ਵੱਲੋਂ ਇਹ ਗੱਲ ਸਾਹਮਣੇ ਆਈ ਕਿ ਮੰਚਾਂ ‘ਤੇ ਉਹੀ ਲੋਕ ਮੌਜੂਦ ਹਨ ਜਿਨ੍ਹਾਂ ਨੇ ਆਪਣਾ ਨੈਤਿਕ ਅਧਿਕਾਰ ਗੁਆ ਦਿੱਤਾ ਸੀ। ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਗੱਲ ਮੀਟਿੰਗਾਂ ਵਿੱਚ ਵੀ ਰੱਖੀ ਪਰ ਉਨ੍ਹਾਂ ਨੂੰ ਕਿਹਾ ਗਿਆ ਕਿ ਕਮੇਟੀ ਦਾ ਕੰਮ ਸਿਰਫ਼ ਭਰਤੀ ਤੱਕ ਸੀਮਿਤ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਦੌਰਾਨ ਉਨ੍ਹਾਂ ਦੀ ਕਿਰਦਾਰਕੁਸ਼ੀ ਵੀ ਕੀਤੀ ਗਈ। ਭਾਵੇਂ ਉਨ੍ਹਾਂ ‘ਤੇ ਅਹੁਦਾ ਸੰਭਾਲਣ ਲਈ ਦਬਾਅ ਸੀ, ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕੋਈ ਲਾਲਸਾ ਨਹੀਂ ਸੀ। ਉਨ੍ਹਾਂ ਮੁਤਾਬਕ ਉਹ ਲਗਾਤਾਰ ਇਹ ਮੰਗ ਕਰਦੇ ਰਹੇ ਕਿ ਜਿਹੜੀ ਲੀਡਰਸ਼ਿਪ ਨੈਤਿਕ ਅਧਿਕਾਰ ਗੁਆ ਚੁੱਕੀ ਹੈ, ਉਹ ਕੁਝ ਸਮੇਂ ਲਈ ਪਿੱਛੇ ਹਟੇ ਤਾਂ ਜੋ ਸੰਗਤ ਦਾ ਸਹਿਯੋਗ ਮਿਲ ਸਕੇ।

ਪੰਥਕ ਧਿਰਾਂ ਨੂੰ ਇਕੱਠਾ ਕਰਨ ਦੀ ਕੋਸ਼ਿਸ਼

ਮਨਪ੍ਰੀਤ ਇਆਲੀ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਸਾਰੀਆਂ ਪੰਥਕ ਧਿਰਾਂ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਉਭਰਨ ਸਮੇਂ ਵੀ ਉਹ ਸਾਰਿਆਂ ਨੂੰ ਇਕ ਮੰਚ ‘ਤੇ ਲਿਆਉਣ ਦੇ ਹੱਕ ਵਿੱਚ ਸਨ।

The post ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਦਿੱਤਾ ਅਸਤੀਫਾ appeared first on Punjab Star.

Related Posts