ਹਲਕੇ ਅੰਦਰ ਸਿਆਸੀ ਸਰਗਰਮੀਆਂ ਤੇਜ਼, ਸੁਖਬੀਰ ਸਿੰਘ ਬਾਦਲ ਵੱਲੋਂ ਵਾਰ-ਵਾਰ ਥਾਪੜਾ ਦੇਣਾ ਟਿਕਟ ਮਿਲਣ ਦੇ ਸੰਕੇਤਾਂ ਵਜੋਂ ਦੇਖਿਆ ਜਾ ਰਿਹੈ
ਜਗਰਾਉਂ / ਸਿੱਧਵਾਂ ਬੇਟ, 20 ਨਵੰਬਰ (ਕੁਲਵਿੰਦਰ ਸਿੰਘ ਚੰਦੀ ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਉਹ ਲਗਾਤਾਰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਕਾਫਲਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਜਸਕਰਨ ਸਿੰਘ ਦਿਓਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਕਾਫੀ ਨੇੜਲੇ ਆਗੂ ਵਜੋਂ ਦੇਖਿਆ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ ਵਾਰ-ਵਾਰ ਜਸਕਰਨ ਸਿੰਘ ਦਿਓਲ ਨੂੰ ਹੌਸਲਾ ਅਫਜ਼ਾਈ ਅਤੇ ਥਾਪੜਾ ਦੇਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਪਾਰਟੀ ਹਾਈਕਮਾਂਡ ਹਲਕਾ ਦਾਖਾ ਵਿੱਚ ਉਨ੍ਹਾਂ ਨੂੰ ਮਜ਼ਬੂਤ ਚਿਹਰੇ ਵਜੋਂ ਉਭਾਰ ਰਹੀ ਹੈ। ਸਿਆਸੀ ਚਰਚਾਵਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਸਕਰਨ ਸਿੰਘ ਦਿਓਲ ਨੂੰ ਹਲਕਾ ਦਾਖਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।
ਜਸਕਰਨ ਸਿੰਘ ਦਿਓਲ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਅਤੇ ਉਨ੍ਹਾਂ ਨਾਲ ਜੁੜ ਰਹੇ ਸਮਰਥਕਾਂ ਨੂੰ ਦੇਖਦਿਆਂ ਇਹ ਕਿਹਾ ਜਾ ਸਕਦਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਸਿਆਸੀ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਣ ਦੀ ਸਮਰੱਥਾ ਰੱਖਦੇ ਹਨ। ਹਾਲਾਂਕਿ ਪਾਰਟੀ ਵੱਲੋਂ ਟਿਕਟ ਸਬੰਧੀ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਪਰ ਹਲਕੇ ਅੰਦਰ ਉਨ੍ਹਾਂ ਦੀ ਦਾਅਵੇਦਾਰੀ ਨੂੰ ਲੈ ਕੇ ਸਿਆਸੀ ਚਰਚਾਵਾਂ ਜ਼ੋਰਾਂ ‘ਤੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਕੀ ਜਸਕਰਨ ਸਿੰਘ ਦਿਓਲ ਇਸ ਵਾਰ ਸਿਆਸੀ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲੋਕਾਂ ਦੇ ਸਮਰਥਨ ਦੇ ਦਮ ‘ਤੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਵਿੱਚ ਕਾਮਯਾਬ ਹੁੰਦੇ ਹਨ ਜਾਂ ਨਹੀਂ। ਇਸ ਦਾ ਫੈਸਲਾ ਤਾਂ ਆਉਣ ਵਾਲਾ ਸਮਾਂ ਅਤੇ ਹਲਕਾ ਦਾਖਾ ਦੇ ਵੋਟਰ ਹੀ ਕਰਨਗੇ।
The post ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਦਿਓਲ ਦਾ ਕਾਫਲਾ ਦਿਨੋ-ਦਿਨ ਹੋ ਰਿਹਾ ਵੱਡਾ, ਜਿੱਤ ਵੱਲ ਵਧਦੇ ਕਦਮ appeared first on Punjab Star.
