6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ :16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 6 ਮਾਰਚ ਤੋਂ 16 ਮਾਰਚ ਤੱਕ ਹੋਵੇਗਾ ਅਤੇ ਸੂਬੇ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ।

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ 13 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਨੂੰ 31 ਦਸੰਬਰ, 2025 ਤੋਂ 30 ਜੂਨ, 2026 ਤੱਕ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਹ ਵਾਧਾ ਸਿਰਫ਼ ਸਰਕਾਰੀ ਵਿਭਾਗਾਂ/ਜਨਤਕ ਅਦਾਰਿਆਂ ਨੂੰ ਅਲਾਟ ਕੀਤੇ ਗਏ ਪਲਾਟਾਂ ਅਤੇ ਉਨ੍ਹਾਂ ਅਲਾਟੀਆਂ ‘ਤੇ ਲਾਗੂ ਹੋਵੇਗਾ ਜਿਨ੍ਹਾਂ ਨੇ 7 ਮਈ, 2025 ਦੀ ਨੀਤੀ ਤਹਿਤ ਪਲਾਟਾਂ ਦੀ ਬਹਾਲੀ ਲਈ ਅਪੀਲਾਂ ਦਾਇਰ ਕੀਤੀਆਂ ਸਨ ਅਤੇ ਓ.ਟੀ.ਐਸ. ਸਕੀਮ ਤਹਿਤ ਆਪਣੇ ਬਕਾਏ ਦਾ ਨਿਪਟਾਰਾ ਕਰਨ ਦੇ ਯੋਗ ਸਨ ਅਤੇ ਜਿਨ੍ਹਾਂ ਦੇ ਪਲਾਟ ਪੀ.ਐਸ.ਆਈ.ਈ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੁਆਰਾ ਬਹਾਲ ਕੀਤੇ ਗਏ ਹਨ। ਉਨ੍ਹਾਂ ਨੂੰ 13 ਮਾਰਚ, 2025 ਤੋਂ 30 ਜੂਨ, 2026 ਤੱਕ ਓ.ਟੀ.ਐਸ. ਸਕੀਮ ਤਹਿਤ ਵਿਆਜ ਸਮੇਤ ਆਪਣੇ ਬਕਾਏ ਦਾ ਨਿਪਟਾਰਾ ਕਰਨ ਦੀ ਇਜਾਜ਼ਤ ਹੋਵੇਗੀ।

ਦੱਸ ਦਈਏ ਕਿ ਮੰਤਰੀ ਮੰਡਲ ਨੇ ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮੀ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਕਦਮ ਦਾ ਉਦੇਸ਼ ਇਨਾਮ ਦੇਣ ਲਈ ਪਾਰਦਰਸ਼ੀ ਤੇ ਯੋਜਨਾਬੱਧ ਵਿਧੀ ਨੂੰ ਸੰਸਥਾਗਤ ਬਣਾਉਣਾ ਹੈ ਤਾਂ ਕਿ ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂ ਕਰਨ ਵਾਲੇ ਜਵਾਨਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ। ਵੱਖ-ਵੱਖ ਪੱਧਰ ਉਤੇ ਮਨਜ਼ੂਰੀ ਦੇਣ ਦੀਆਂ ਸ਼ਕਤੀਆਂ ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਡੀਜੀਪੀ ਅਤੇ ਹੋਰ ਸਮਰੱਥ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਹਨ।

ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਵਿੱਚ ਵਾਈਸ-ਚੇਅਰਪਰਸਨਾਂ ਦੇ ਦੋ ਵਾਧੂ ਅਹੁਦੇ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਨਤੀਜੇ ਵਜੋਂ, ਬੋਰਡ ਵਿੱਚ ਵਾਈਸ-ਚੇਅਰਪਰਸਨਾਂ ਦੀ ਗਿਣਤੀ ਮੌਜੂਦਾ ਤਿੰਨ ਤੋਂ ਵਧ ਕੇ ਪੰਜ ਹੋ ਜਾਵੇਗੀ। ਇਸ ਨਾਲ ਸੈਕਟਰ ਅਧਾਰਿਤ ਕੇਂਦਰਿਤ ਹੋਣਾ, ਯੋਜਨਾਵਾਂ ਦੀ ਬਿਹਤਰ ਨਿਗਰਾਨੀ, ਵਿਭਾਗਾਂ ਅਤੇ ਜ਼ਿਲ੍ਹਾ ਯੋਜਨਾ ਕਮੇਟੀਆਂ ਨਾਲ ਬਿਹਤਰ ਤਾਲਮੇਲ ਅਤੇ ਤੇਜ਼ੀ ਨਾਲ ਫੈਸਲਾ ਲੈਣ ਦੇ ਯੋਗ ਬਣਾਇਆ ਜਾਵੇਗਾ।

The post 6 ਤੋਂ 16 ਮਾਰਚ ਤੱਕ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ appeared first on Punjab Star.

Related Posts