ਸੁਰਜੀਤ ਸਿੰਘ ਰੱਖੜਾ ਅੱਜ ‘ਆਪ’ ਵਿਚ ਸ਼ਾਮਲ

ਸੁਰਜੀਤ ਸਿੰਘ ਰੱਖੜਾ ਅੱਜ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਜਲੰਧਰ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਫੈਸਲਾ ਲਿਆ ਗਿਆ ਸੀ।

ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਸੁਰਜੀਤ ਸਿੰਘ ਰੱਖੜਾ ਪਾਰਟੀ ਦੀ ਕੋਰ ਕਮੇਟੀ ਅਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਇੱਕ ਸਰਗਰਮ ਮੈਂਬਰ ਸਨ ਪਰ ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਕਾਰਨ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਇਸ ਤੋਂ ਬਾਅਦ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਕੋਲ ਉਹਨਾਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਪੂਰਾ ਹੱਕ ਹੈ ਕਿਉਂਕਿ ਉਹਨਾਂ ਨੇ ਪਹਿਲਾਂ ਹੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਆਪਣੀ ਇੱਛਾ ਬਾਰੇ ਦੱਸ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਸੁਰਜੀਤ ਰੱਖੜਾ ਕਾਫੀ ਸਮੇਂ ਤੋਂ ਰਾਜਨੀਤਕ ਖੇਤਰ ’ਚ ਸਰਗਰਮ ਹਨ। ਉਹ ਸ਼ੁਰੂ ’ਚ ਇਸੇ ਇਲਾਕੇ ਨਾਲ ਸਬੰਧਤ ਗੁਰਚਰਨ ਸਿੰਘ ਟੌਹੜਾ ਨਾਲ ਜੁੜੇ ਹੋਏ ਸਨ ਪਰ 1999 ’ਚ ਅਕਾਲੀ ਦਲ ਦੀ ਧੜੇਬੰਦੀ ਦੌਰਾਨ ਬਾਦਲ ਧੜੇ ਨੇ ਸੁਰਜੀਤ ਸਿੰਘ ਰੱਖੜਾ ਨੂੰ ਆਪਣੇ ਨਾਲ ਜੋੜਦਿਆਂ ਪਟਿਆਲਾ ਤੋਂ ਲੋਕ ਸਭਾ ਦੀ ਚੋਣ ਲੜਾਈ ਸੀ। ਇਸ ਤੋਂ ਬਾਅਦ 2002 ’ਚ ਸੁਰਜੀਤ ਸਿੰਘ ਰੱਖੜਾ ਸਮਾਣਾ ਹਲਕੇ ਤੋਂ ਬਾਦਲ ਦਲ ਤੋਂ ਵਿਧਾਇਕ ਬਣੇ, ਪਰ 2007 ’ਚ ਹਾਰ ਗਏ ਤੇ 2012 ’ਚ ਮੁੜ ਸਮਾਣਾ ਤੋਂ ਹੀ ਵਿਧਾਇਕ ਬਣ ਕੇ ਬਾਦਲ ਸਰਕਾਰ ’ਚ ਪੰਚਾਇਤ ਮੰਤਰੀ ਵੀ ਬਣੇ ਪਰ ਇਸ ਤੋਂ ਬਾਅਦ ਉਹ 2017 ਅਤੇ 2022 ਦੀਆਂ ਚੋਣਾਂ ਵੀ ਹਾਰ ਗਏ।

The post ਸੁਰਜੀਤ ਸਿੰਘ ਰੱਖੜਾ ਅੱਜ ‘ਆਪ’ ਵਿਚ ਸ਼ਾਮਲ appeared first on Punjab Star.

Related Posts