ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਸੀਸੀਟੀਵੀ ਖੰਗਾਲ ਰਹੀ ਪੁਲਿਸ

ਸੰਗਰੂਰ : ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਪੈਟਰੋਲ ਬੰਬ ਨਾਲ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਇਹ ਪੈਟਰੋਲ ਬੰਬ ਦਫ਼ਤਰ ਨਾਲ ਲੱਗਦੀ ਸੜਕ ਤੋਂ ਸੁੱਟਿਆ ਗਿਆ, ਜਿਸ ਨਾਲ ਕੰਧ ਦਾ ਕੁਝ ਹਿੱਸਾ ਨੁਕਸਾਨਿਆ ਗਿਆ ਹੈ। ਹਮਲੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਬੀਅਰ ਦੀ ਬੋਤਲ ਵਿੱਚ ਪੈਟਰੋਲ ਭਰ ਕੇ ਇਹ ਸੁੱਟਿਆ ਗਿਆ ਸੀ।ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀ.ਸੀ.ਟੀ.ਵੀ. (CCTV) ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਮੁਤਾਬਕ ਇਹ ਹਮਲਾ ਐਤਵਾਰ ਹੋਇਆ। ਹਾਲਾਂਕਿ ਸਹੀ ਸਮੇਂ ਦਾ ਪਤਾ ਲਗਾਉਣ ਲਈ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।

ਸੰਗਰੂਰ ਦੇ SP ਦੇਵੇਂਦਰ ਅਤਰੀ ਨੇ ਦੱਸਿਆ ਕਿ “ਸੋਮਵਾਰ ਸਵੇਰੇ ਸਾਨੂੰ BJP ਦਫ਼ਤਰ ‘ਤੇ ਬੋਤਲ ਸੁੱਟ ਕੇ ਹਮਲਾ ਕਰਨ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ DSP ਅਤੇ SHO ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੋਤਲ ਆਊਟਡੋਰ ਗਾਰਡਨ ਦੀ ਕੰਧ ਦੇ ਉੱਪਰੋਂ ਸੁੱਟੀ ਗਈ, ਜੋ ਇਮਾਰਤ ਦੇ 2 ਹਿੱਸਿਆਂ ਦੇ ਵਿਚਕਾਰ ਜਾ ਕੇ ਡਿੱਗੀ। ਮੌਕੇ ‘ਤੇ ਅੱਗ ਲੱਗਣ ਦੇ ਨਿਸ਼ਾਨ ਵੀ ਮਿਲੇ ਹਨ।”

DSP ਨੇ ਅੱਗੇ ਦੱਸਿਆ ਕਿ “ਫਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ, ਇਸ ਲਈ ਹਾਲੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਇਹ ਸ਼ਰਾਰਤ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਤੜਕੇ 2 ਵਜੇ ਤੋਂ ਢਾਈ ਵਜੇ ਦੇ ਵਿਚਕਾਰ ਦੀ ਦੱਸੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਦੇ ਮਨਸੂਬੇ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।”

The post ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਸੀਸੀਟੀਵੀ ਖੰਗਾਲ ਰਹੀ ਪੁਲਿਸ appeared first on Punjab Star.

Related Posts