ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦੀ ਅੰਤਿਮ ਅਰਦਾਸ ਦੀ ਤਰੀਕ ਤੈਅ ਹੋ ਗਈ ਹੈ। 15 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟ ਧਰਮੂ ਵਿਖੇ ਉਨ੍ਹਾਂ ਦੇ ਭੋਗ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਪਰਿਵਾਰਕ ਮੈਂਬਰਾਂ ਵੱਲੋਂ ਸਾਂਝੀ ਕੀਤੀ ਗਈ ਹੈ।ਪਰਵਿੰਦਰ ਸਿੰਘ ਝੋਟਾ, ਜਿਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ, ਹੁਣ ਉਨ੍ਹਾਂ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਇਸ ਮੌਕੇ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟ ਧਰਮੂ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਸੰਗਤ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਗਿਆ।
ਕਤਲ ਦੇ 26 ਦਿਨਾਂ ਬਾਅਦ, ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਉਨ੍ਹਾਂ ਦੇ ਆਪਣੇ ਖੇਤ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 7 ਨਵੰਬਰ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ।ਅੰਤਿਮ ਵਿਦਾਈ ਦੇਣ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਸਨ। ਇਸ ਦੌਰਾਨ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪੁੱਤਰਾਂ ਵੱਲੋਂ ਮੁੱਖ ਅਗਨੀ ਦਿੱਤੀ ਗਈ। ਉਨ੍ਹਾਂ ਦੇ ਦੋਵੇਂ ਪੁੱਤਰ ਅੰਗਦਵੀਰ ਅਤੇ ਹਰਫਤਿਹ ਆਪਣੇ ਪਿਤਾ ਨੂੰ ਯਾਦ ਕਰਦਿਆਂ ‘ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਅਤੇ ‘ਪਰਵਿੰਦਰ ਤੇਰੀ ਸੋਚ ‘ਤੇ ਪਹਿਰਾ ਦੇਵਾਂਗੇ ਠੋਕ ਕੇ’ ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਉੱਥੇ ਹੀ ਪਤਨੀ ਮਨਪ੍ਰੀਤ ਕੌਰ ਪੂਰੇ ਸਮੇਂ ਵਾਹਿਗੁਰੂ ਦਾ ਜਾਪ ਕਰਦੀ ਰਹੀ।
ਪਿਤਾ ਨੇ ਖ਼ਤਮ ਕੀਤੀ ਸੀ ਭੁੱਖ ਹੜਤਾਲ
ਦੱਸ ਦੇਈਏ ਕਿ ਮਾਨਸਾ ਦੇ ਐੱਸ.ਐੱਸ.ਪੀ. ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ 5 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਅੰਤਿਮ ਸੰਸਕਾਰ ਤੋਂ ਬਾਅਦ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਸੀ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ ਸਨ।
ਇਨਸਾਫ਼ ਦੀ ਲੜਾਈ ਰਹੇਗੀ ਜਾਰੀ
ਦੂਜੇ ਪਾਸੇ ਇਨਸਾਫ਼ ਮੋਰਚੇ ਦੇ ਮੈਂਬਰ ਮਾਣਿਕ ਗੋਇਲ ਨੇ ਸਪੱਸ਼ਟ ਕੀਤਾ ਸੀ ਕਿ ਜਦੋਂ ਤੱਕ ਸਰਕਾਰ ਨਾਲ ਸਬੰਧਤ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਨਸਾਫ਼ ਕਮੇਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਦੇ ਨਾਲ ਹੀ ਸੀ.ਬੀ.ਆਈ. ਜਾਂਚ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਫਿਲਹਾਲ 15 ਨਵੰਬਰ ਨੂੰ ਹੋਣ ਵਾਲੀ ਅੰਤਿਮ ਅਰਦਾਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਰਿਵਾਰ ਵੱਲੋਂ ਸੰਗਤ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
The post ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਪਰਿਵਾਰ ਨੇ ਦਿੱਤੀ ਜਾਣਕਾਰੀ appeared first on Punjab Star.
