SGPC ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਰੋਸ ਪ੍ਰਦਰਸ਼ਨ

SGPC ਚੋਣਾਂ ਨੂੰ ਲੈ ਕੇ ਇੱਕ ਵਾਰ ਫਿਰ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਿਛਲੇ ਕਈ ਸਾਲਾਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮੁੱਦਾ ਹੁਣ ਦਿੱਲੀ ਤੱਕ ਪਹੁੰਚਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਭੂਮਿਕਾ ‘ਤੇ ਸਵਾਲ ਚੁੱਕਦਿਆਂ 20 ਨਵੰਬਰ ਨੂੰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ ਵਿੱਚ ਚੋਣਾਂ ਕਿਸੇ ਵੀ ਸੰਸਥਾ ਨੂੰ ਮਜ਼ਬੂਤ ਬਣਾਉਣ ਲਈ ਬੇਹੱਦ ਜ਼ਰੂਰੀ ਨੇ, ਪਰ SGPC ਵਰਗੀ ਚੁਣੀ ਹੋਈ ਸੰਸਥਾ ਦੀਆਂ ਚੋਣਾਂ ਲੰਬੇ ਸਮੇਂ ਤੋਂ ਨਹੀਂ ਕਰਵਾਈਆਂ ਜਾ ਰਹੀਆਂ।

ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ SGPC ਚੋਣਾਂ ਕਰਵਾਉਣ ਵਿੱਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਨ ਦੇ ਬਾਵਜੂਦ ਉੱਥੋਂ ਦੇ ਕੁਝ ਮੈਂਬਰ SGPC ਨਾਲ ਵੀ ਜੁੜੇ ਹੋਏ ਨੇ। ਉਨ੍ਹਾਂ ਦਾ ਦਾਅਵਾ ਹੈ ਕਿ ਇਨ੍ਹਾਂ ਵਿੱਚੋਂ ਹੀ ਇੱਕ ਮੈਂਬਰ ਵੱਲੋਂ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ, ਜਿਸ ਨੂੰ ਚੋਣਾਂ ਵਿੱਚ ਦੇਰੀ ਦਾ ਆਧਾਰ ਬਣਾਇਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਾਈਕੋਰਟ ਵੱਲੋਂ ਵੀ ਚੋਣਾਂ ਜਲਦੀ ਕਰਵਾਉਣ ਬਾਰੇ ਕਹਿਣ ਤੋਂ ਬਾਅਦ ਹੁਣ ਚੋਣਾਂ ਨੂੰ ਹੋਰ ਲਟਕਾਉਣ ਦਾ ਕੋਈ ਕਾਰਨ ਨਹੀਂ ਰਹਿਣਾ ਚਾਹੀਦਾ।

ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ 20 ਨਵੰਬਰ ਨੂੰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚੁਣੇ ਹੋਏ SGPC ਮੈਂਬਰ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋਣਗੇ। ਇੱਥੇ ਅਰਦਾਸ ਕਰਨ ਤੋਂ ਬਾਅਦ ਸਵੇਰੇ 11 ਵਜੇ ਰੋਸ ਮਾਰਚ ਲਈ ਜਥਾ ਰਵਾਨਾ ਹੋਵੇਗਾ ਅਤੇ ਲੋਕ ਸਭਾ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ SGPC ਮੈਂਬਰਾਂ, ਪਾਰਟੀ ਲੀਡਰਸ਼ਿਪ ਅਤੇ ਪੰਜਾਬ, ਹਰਿਆਣਾ ਤੇ ਦਿੱਲੀ ਦੀਆਂ ਸੰਗਤਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ 20 ਨਵੰਬਰ ਨੂੰ ਦਿੱਲੀ ਵਿੱਚ ਹੋਣ ਵਾਲਾ ਇਹ ਰੋਸ ਪ੍ਰਦਰਸ਼ਨ SGPC ਚੋਣਾਂ ਦੇ ਮੁੱਦੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਵਿੱਚ ਕਿੰਨਾ ਅਹਿਮ ਸਾਬਤ ਹੁੰਦਾ ਹੈ।

The post SGPC ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਰੋਸ ਪ੍ਰਦਰਸ਼ਨ appeared first on Punjab Star.

Related Posts