ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਹਾਈ ਅਲਰਟ! 4 ਸਰਹੱਦੀ ਜ਼ਿਲ੍ਹਿਆਂ ‘ਚ ਵਧਾਈ ਸੁਰੱਖਿਆ

ਪੰਜਾਬ ਵਿੱਚ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਹੁਣ ਪ੍ਰਸ਼ਾਸਨਿਕ ਅਤੇ ਪੁਲਸ ਪੱਧਰ ‘ਤੇ ਵੀ ਹਲਚਲ ਤੇਜ਼ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਨੇ ਸੁਰੱਖਿਆ ਦਾ ਪੂਰਾ ਖਾਕਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਖ਼ਾਸ ਤੌਰ ‘ਤੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਪੁਲਸ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਚੋਣਾਂ ਨਾਲ ਸਬੰਧਤ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸੀਨੀਅਰ ਪੁਲਸ ਅਧਿਕਾਰੀਆਂ ਦੀਆਂ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਇਨ੍ਹਾਂ ਮੀਟਿੰਗਾਂ ਵਿੱਚ ਚੋਣਾਂ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚਕਾਰ ਆਪਸੀ ਤਾਲਮੇਲ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਗੁਆਂਢੀ ਜ਼ਿਲ੍ਹਿਆਂ ਦੀ ਪੁਲਸ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ[
ਇਸ ਤੋਂ ਇਲਾਵਾ ਜੇਕਰ ਕਿਸੇ ਇਲਾਕੇ ਵਿੱਚ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਤੁਰੰਤ ਸਾਂਝੀ ਕਾਰਵਾਈ ਕੀਤੀ ਜਾ ਸਕੇ। ਹੁਣ ਗੱਲ ਕਰਦੇ ਹਾਂ ਸਰਹੱਦੀ ਇਲਾਕਿਆਂ ਦੀ, ਜਿੱਥੇ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਪੰਜਾਬ ਦੇ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਸ ਦੇ ਵਾਧੂ ਜਵਾਨਾਂ ਦੇ ਨਾਲ-ਨਾਲ ਪੈਰਾਮਿਲਟਰੀ ਫੋਰਸ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਇਸ ਤਾਇਨਾਤੀ ਦਾ ਮੁੱਖ ਮਕਸਦ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਵਧਾਉਣਾ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣਾ ਹੈ। ਚੋਣਾਂ ਦੌਰਾਨ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼! ਇਸ ਦੇ ਨਾਲ ਹੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿੱਚ ਵੀ ਚੋਣ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਰਣਨੀਤੀ ਬਣਾਈ ਜਾ ਰਹੀ ਹੈ।

ਪੁਲਸ ਅਧਿਕਾਰੀਆਂ ਦਾ ਜ਼ੋਰ ਇਸ ਗੱਲ ‘ਤੇ ਹੈ ਕਿ ਸਾਰੇ ਸਬੰਧਤ ਵਿਭਾਗ ਇੱਕ-ਦੂਜੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਸੁਖਾਵੀਂ ਘਟਨਾ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਮੀਟਿੰਗਾਂ ਦੌਰਾਨ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਨੂੰ ਸ਼ਾਂਤੀਪੂਰਨ, ਆਜ਼ਾਦ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਕੁੱਲ ਮਿਲਾ ਕੇ ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਤੇ ਪ੍ਰਸ਼ਾਸਨ ਨੇ ਸੁਰੱਖਿਆ ਦਾ ਮੋਰਚਾ ਸੰਭਾਲ ਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਤਿਆਰੀਆਂ ਦੇ ਚਲਦਿਆਂ ਚੋਣਾਂ ਦੌਰਾਨ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਕਿਸ ਤਰ੍ਹਾਂ ਦੀ ਰਣਨੀਤੀ ਅਪਣਾਉਂਦਾ ਹੈ।

The post ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਹਾਈ ਅਲਰਟ! 4 ਸਰਹੱਦੀ ਜ਼ਿਲ੍ਹਿਆਂ ‘ਚ ਵਧਾਈ ਸੁਰੱਖਿਆ appeared first on Punjab Star.